ਸਿੱਖ ਵਿਰੋਧੀ ਮਾਨਸਿਕਤਾ ਦੇ ਦੋਸ਼ਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਤਲਬ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਉੱਪਰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਅਤੇ ਪੰਥਕ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਸਬੰਧੀ ਸਕੱਤਰੇਤ ਵੱਲੋਂ ਅਧਿਕਾਰਤ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ ਨਿਜੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਭੇਜੇ ਗਏ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ-ਮਰਿਆਦਾ ਅਤੇ ਗੁਰੂ ਦੀ ਗੋਲਕ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ, ਕੁਝ ਅਜਿਹੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਮੁੱਖ ਮੰਤਰੀ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਸਨਮੁੱਖ ਇਤਰਾਜ਼ਯੋਗ ਇਸ਼ਾਰੇ ਕਰਦੇ ਦਿਖਾਈ ਦੇ ਰਹੇ ਹਨ।
ਜਥੇਦਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਇੱਕ ਉੱਚ ਸੰਵਿਧਾਨਕ ਅਹੁਦੇ ‘ਤੇ ਬੈਠੇ ਹਨ, ਪਰ ਉਨ੍ਹਾਂ ਦਾ ਵਤੀਰਾ ‘ਰਾਜ ਹੈਂਕੜ’ ਨੂੰ ਦਰਸਾਉਂਦਾ ਹੈ। ਪੱਤਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਪੰਥਕ ਨਿਯਮਾਂ ਅਨੁਸਾਰ ਪਤਿਤ ਹੋਣ ਕਾਰਨ ਮੁੱਖ ਮੰਤਰੀ ਨੂੰ ਸਿੱਧੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਨਹੀਂ ਸੱਦਿਆ ਜਾ ਸਕਦਾ, ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਇਸ ਆਦੇਸ਼ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ:
“ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ। ਦਾਸ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇੱਕ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ। 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੱਕ ਕਾਨਫਰੰਸ ਵਿੱਚ ਹਿੱਸਾ ਲੈਣ ਆ ਰਹੇ ਹਨ, ਉਸ ਦਿਨ ਲਈ ਮੈਂ ਮਾਫ਼ੀ ਚਾਹਾਂਗਾ ਕਿਉਂਕਿ ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹੁਕਮ ਹੈ।”
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸ਼ਰਧਾ ਸਭ ਤੋਂ ਉੱਪਰ ਹੈ ਅਤੇ ਉਹ ਨਿਰਧਾਰਿਤ ਸਮੇਂ ‘ਤੇ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚਣਗੇ।